ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਮਨੁੱਖੀ ਤਸ਼ਕਰੀ ਵਿਰੁੱਧ ਰਾਜ ਪੱਧਰੀ ਸਮਾਗਮ……

ਜਲੰਧਰ, 27 जुन,  (ASHOK LAL) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਕਿਹਾ ਕਿ ਰਾਜ ਸਰਕਾਰ ਵਲੋਂ ਜਲਦੀ ਹੀ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਅਤੇ ਉਨਾ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸ਼ਣ ਤੋਂ ਰੋਕਣ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਮੁਹਿੰਮ ਚਲਾਈ ਜਾਵੇਗੀ।

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਤੇ ਗੈਰ-ਕਾਨੂੰਨੀ ਮਨੁੱਖੀ ਤਸ਼ਕਰੀ ਦੇ ਸਬੰਧੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਨੱਪਣ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਏ ਡਰੱਗ ਅਬਿਊਜ਼ ਪ੍ਰੀਵੈਂਨਸ਼ਨ ਅਫ਼ਸਰ (ਡੈਪੋ) ਮੁਹਿੰਮ ਦੇ ਨਾਲ ਹੁਣ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਨੌਜਵਾਨਾਂ ਲਈ ਇਕ ਵੱਡੀ ਰੋਜ਼ਗਾਰ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿੱਚ ਡਿੱਗਣ ਦੀ ਬਜਾਏ ਰਾਜ ਦੇ ਸਮਾਜਿਕ ਤੇ ਆਰਥਿਕ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਸ ਸਬੰਧੀ ਵਿਆਪਕ ਪ੍ਰੋਗਰਾਮ ਬਣਾਇਆ ਜਾ ਚੁੱਕਾ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਸਬੰਧੀ ਪੰਜਾਬ ਸਰਕਾਰ ਵਲੋਂ ਪਿਛਲੇ ਡੇਢ ਸਾਲ ਦੇ ਅਰਸੇ ਦੌਰਾਨ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਰਕਾਰ ਵਲੋਂ ਇਸ ਸਬੰਧੀ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰਕੇ ਨਸ਼ਾ ਤਸਕਰਾਂ ਦੇ ਖਿਲਾਫ 16305 ਕੇਸ ਦਰਜ਼ ਕੀਤੇ ਗਏ ਹਨ ਅਤੇ 18800 ਸਮੱਗਲਰਾਂ ਨੂੰ ਨਸ਼ੇ ਦੇ ਘਿਣੌਨੇ ਜੁਰਮ ਵਿੱਚ ਸ਼ਾਮਿਲ ਹੋਣ ‘ਤੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਵਲੋਂ ਪਹਿਲੀ ਵਾਰ 26 ਨਸ਼ਾ ਤਸ਼ਕਰਾਂ ਦੀਆਂ 15 ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਏਨਾ ਹੀ ਨਹੀਂ ਇਕ ਹੋਰ ਵੱਡੇ ਫ਼ੈਸਲੇ ਅਨੁਸਾਰ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਦੇ ਨਾਮ ਬਦਲ ਕੇ ਨਵ ਜੀਵਨ ਸੈਂਟਰ ਅਤੇ ਨਸ਼ਾ ਮੁੜ ਵਸੇਬਾ ਦੀ ਜਗ੍ਹਾ ਤੇ ਨਵ ਨਿਰਮਾਣ ਸੈਂਟਰ ਰੱਖਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਮੋਗਾ, ਤਰਨ ਤਾਰਨ ਅਤੇ ਅੰਮ੍ਰਿਤਸਰ ਵਿਖੇ ਓ.ਏ.ਟੀ.ਸੈਂਟਰਾਂ ਦੀ ਵੱਡੀ ਸਫ਼ਲਤਾ ਤੋਂ ਬਾਅਦ ਰਾਜ ਸਰਕਾਰ ਵਲੋਂ ਸੂਬੇ ਦੇ 22 ਜ਼ਿਲ੍ਹਿਆਂ ਅਤੇ 8 ਜੇਲ੍ਹਾਂ ਵਿੱਚ ਅਜਿਹੇ 80 ਸੈਂਟਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਇਸ ਸੈਂਟਰ ਵਿਖੇ ਇਲਾਜ ਲਈ ਆਉਣ ਵਾਲੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਉਚੱ ਦਰਜ਼ੇ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨਸ਼ੇ ਦੀ ਸਪਲਾਈ ਨੂੰ ਤੋੜ ਕੇ ਪਹਿਲਾਂ ਹੀ ਨਸ਼ਾ ਸਮੱਗਰਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੇ ਸਹਿਯੋਗ ਨਾਲ ਡੈਪੋ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਨਸ਼ੇ ਦੀ ਮੰਗ ਨੂੰ ਵੀ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਕਿਸੇ ਵੀ ਵਿਅਕਤੀ ਜਾਂ ਔਰਤ ਨੂੰ ਨਫ਼ਰਤ ਦੀ ਨਿਗ੍ਹਾ ਨਾਲ ਨਹੀਂ ਦੇਖਿਆ ਜਾਵੇਗਾ ਅਤੇ ਉਨਾ ਨੂੰ ਆਪਣਾ ਇਲਾਜ ਖੁਦ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਉਹ ਰਾਜ ਦੀ ਸੰਪਤੀ ਬਣ ਸਕਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਲੋਕਾਂ ਨੂੰ ਸਮਾਜ ਵਿੱਚ ਵਾਪਿਸ ਲਿਆਉਣ ਲਈ ਉਨਾਂ ਪ੍ਰਤੀ ਉਸਾਰੂ ਸੋਚ ਰੱਖਣਾ ਸਮੇਂ ਦੀ ਮੁੱਖ ਲੋੜ ਹੈ ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਲਦੀ ਹੀ ਰਾਜ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਡਿੱਗਣ ਤੋਂ ਬਚਾ ਲਿਆ ਹੈ। ਚੌਧਰੀ ਸੰਤੋਖ਼ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਇਸ ਉਸਾਰੂ ਸੋਚ ਦੇ ਹਮੇਸ਼ਾ ਰਿਣੀ ਰਹਿਣਗੇ।

ਇਸ ਮੌਕੇ ਸਿਵਲ ਸਰਜਨ ਡਾ.ਜਸਪ੍ਰੀਤ ਕੌਰ ਸੇਖੋਂ ਨੇ ਆਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ, ਏ.ਆਈ.ਜੀ. ਮੁਖਤਿਆਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਚੇਅਰਮੈਨ ਲਵਲੀ ਪ੍ਰੋਫੈਸ਼ਨ ਯੂਨੀਵਰਸਿਟੀ ਰਮੇਸ਼ ਮਿੱਤਲ, ਐਸ.ਪੀ. ਪਰਮਿੰਦਰ ਸਿੰਘ ਭੰਡਾਲ, ਸਹਾਇਕ ਕਮਿਸ਼ਨਰ ਪੁਲਿਸ ਦੀਪਿਕਾ ਸੰਘ, ਉਪ ਮੰਡਲ ਮੈਜਿਸਟਰੇਟ ਜੋਤੀ ਬਾਲਾ ਮੱਟੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਤਰਸੇਮ ਸਿੰਘ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published.